ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ
By NIRPAKH POST
On
ਚੰਡੀਗੜ੍ਹ, 29 ਅਕਤੂਬਰ:
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ।
ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਭਾਈਵਾਲ ਚਾਹੇ ਉਹ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਆ), ਮਜ਼ਦੂਰ ਹੋਵੇ, ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਜਿੱਥੋਂ ਤੱਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਗਈ ਫਸਲ ਵਿੱਚੋਂ 77 ਐਲਐਮਟੀ ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਫ਼ਸਲ ਦੀ ਅਦਾਇਗੀ ਦੇ ਸਬੰਧ ਵਿੱਚ ਕਿਸਾਨਾਂ ਦੇ ਖਾਤਿਆਂ ‘ਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫਸਲ ਦਾ ਪੂਰਾ ਮੁੱਲ ਮਿਲ ਸਕੇ।





