ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 18 ਦਸੰਬਰ ()
ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ‘ਤੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਸ੍ਰ.ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਪੰਜਾਬੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਲੋਕ-ਹਿਤੈਸ਼ੀ ਨੀਤੀਆਂ ‘ਤੇ ਲਗਾਈ ਗਈ ਮੌਹਰ ਹੈ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਪਿੰਡਾਂ ਦੇ ਵਿਕਾਸ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਲੋਕਾਂ ਨੇ ਪੂਰਾ ਸਮਰਥਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਆਮ ਲੋਕਾਂ ਦਾ ਭਰੋਸਾ ਜਿੱਤਿਆ ਹੈ, ਜਿਸਦਾ ਨਤੀਜਾ ਇਹ ਫ਼ਤਵਾ ਦੇ ਰੂਪ ਵਿੱਚ ਸਾਹਮਣੇ ਆਇਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤ ਸੰਮਤੀ ਚੋਣਾਂ ‘ਚ ਆਪ ਉਮੀਦਵਾਰਾਂ ਦੀ ਜਿੱਤ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿੱਤ ਹਾਸਲ ਕਰਨ ਵਾਲੇ ਨੁਮਾਇੰਦੇ ਪਾਰਟੀ ਦੀ ਨੀਤੀ ਅਨੁਸਾਰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨਗੇ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਇਸਦੀ ਹਰ ਨੀਤੀ ਲੋਕ-ਕਲਿਆਣ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੋਵਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਤਾਂ ਜੋ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ। ਸ੍ਰ.ਬੈਂਸ ਨੇ ਕਿਹਾ ਕਿ ਨਵੇ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਹੈ, ਸਾਰੇ ਵਰਕਰ ਸੇਵਾ ਦੀ ਭਾਵਨਾ ਨਾਲ ਕੰਮ ਕਰਨਗੇ।


