ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ‘ਚ ਲੋਕ ਪੱਖੀ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 19 ਜੁਲਾਈ:
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਲੋਕ ਪੱਖੀ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ਪਿੰਡ ਲੰਬੀ ਵਿਖੇ ਪਬਲਿਕ ਹੈਲਥ ਯੂਨਿਟ ਅਤੇ ਪਿੰਡ ਮਾਣੀਖੇੜਾ ਵਿਖੇ ਪੀਣ ਵਾਲੇ ਪਾਣੀ ਲਈ ਨਵੇਂ ਬੋਰਵੈਲ, ਛੱਪੜ ਦੇ ਨਵੀਨੀਕਰਨ ਅਤੇ ਗਲੀਆਂ ‘ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਾਂਗ ਲੰਬੀ ਹਲਕੇ ‘ਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪ੍ਰੋਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦੇ ਇੱਕ-ਇੱਕ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਸੰਜੀਦਗੀ ਨਾਲ ਨੱਥ ਪਾਈ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਪੈਸੇ ਜਾਂ ਲੋਕਾਂ ਤੋਂ ਪੈਸੇ ਉਗਰਾਹੁਣ ਦੀ ਕਿਸੇ ਵੀ ਕੀਮਤ ‘ਤੇ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ।
ਸ. ਖੁੱਡੀਆਂ ਨੇ ਦੱਸਿਆ ਕਿ ਸਰਕਾਰੀ ਮਹਿਕਮਿਆਂ ਵਿੱਚ ਸੁਧਾਰ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜਕ ਸੁਧਾਰਾਂ ਲਈ ਵੀ ਲੋੜੀਂਦੇ ਯਤਨ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਨਾ ਸਿਰਫ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਸਗੋਂ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਤੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦਾ ਤਹੱਈਆ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਤਨਦੇਹੀ ਨਾਲ ਯਤਨ ਕੀਤੇ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, ਹਰਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਲੰਬੀ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਗੁਰਬਾਜ ਸਿੰਘ ਖੁੱਡੀਆਂ, ਡੀ.ਐਸ.ਪੀ. ਲੰਬੀ ਜਸਪਾਲ ਸਿੰਘ ਧਾਲੀਵਾਲ, ਰਾਕੇਸ਼ ਬਿਸ਼ਨੋਈ ਬੀਡੀਪੀਓ, ਗੁਰਵਿੰਦਰ ਸਿੰਘ ਇੰਸਪੈਕਟਰ ਲੰਬੀ, ਮਨਪ੍ਰੀਤ ਮਾਣੀਖੇੜਾ, ਜਸਕਰਨ ਮਾਣੀਖੇੜਾ, ਨਾਜਰ ਸਿੰਘ ਮਾਣੀਖੇੜਾ, ਵਿੱਕੀ ਮਾਣੀਖੇੜਾ, ਰਾਜਾ ਮਹੂਆਣਾ, ਤੋਜੀ ਲੰਬੀ, ਕਾਲਾ ਭੀਟੀਵਾਲ, ਰਣਜੋਧ ਲੰਬੀ, ਜਸਵਿੰਦਰ ਸਿੰਘ ਮਾਨ, ਗੁਰਸੇਵਕ ਸਿੰਘ, ਸੁਖਵਿੰਦਰ ਸਿੰਘ, ਸੁੱਖਾ ਗੁਰੂਸਰ, ਰਛਪਾਲ ਸਿੰਘ ਸਰਪੰਚ ਗੁਰੂਸਰ, ਇੰਦਰਜੀਤ ਸਿੰਘ ਡੱਬਵਾਲੀ ਢਾਬ, ਜਸਵਿੰਦਰ ਸਿੰਘ ਭਾਗੂ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।