ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਦੂਜੇ ਦਿਨ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 25 ਅਪ੍ਰੈਲ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਦੇ ਹੱਲ ਲਈ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ।
ਵਿੱਤ ਮੰਤਰੀ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਮੁਲਾਜਮ ਅਤੇ ਪੈਨਸ਼ਨਰਜ਼ ਜੁਆਇੰਟ ਫਰੰਟ, ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰਜ਼ ਯੂਨੀਅਨ, ਕੰਪਿਊਟਰ ਟੀਚਰਜ਼ ਸੰਘਰਸ਼ ਕਮੇਟੀ ਅਤੇ ‘10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਅਧਿਆਪਕਾਂ ਦੀ ਯੂਨੀਅਨ’ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ। ਕੈਬਨਿਟ ਮੰਤਰੀਆਂ ਨੇ ਸਬੰਧਤ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ ਅਤੇ ਯੂਨੀਅਨ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਪਹਿਲਾਂ ਹੀ ਚੱਲ ਰਹੀ ਹੈ, ਅਤੇ ਪਰਸੋਨਲ, ਵਿੱਤ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਮਿਲ ਕੇ ਇੰਨ੍ਹਾਂ ਸਬੰਧੀ ਯੋਗ ਹੱਲ ਲੱਭਣ ਲਈ ਕੰਮ ਕਰ ਰਹੇ ਹਨ। ਸਬ-ਕਮੇਟੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਅਹਿਮ ਮੁੱਦਿਆਂ 'ਤੇ ਤੁਰੰਤ ਕਾਰਵਾਈ ਨੂੰ ਤਰਜੀਹ ਦੇਣ।
ਅੱਜ ਦੀਆਂ ਮੀਟਿੰਗਾਂ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਜਰਮਨਜੀਤ ਸਿੰਘ, ਸਵਿੰਦਰਪਾਲ ਸਿੰਘ, ਰਣਜੀਤ ਸਿੰਘ, ਗਗਨਦੀਪ ਸਿੰਘ ਭੁੱਲਰ, ਸੁਖਦੇਵ ਸਿੰਘ ਸੈਣੀ ਅਤੇ ਬਾਜ ਸਿੰਘ ਖਹਿਰਾ, ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਵੱਲੋਂ ਹਰਪ੍ਰੀਤ ਕੌਰ, ਦਰਸ਼ਨ ਸਿੰਘ ਅਤੇ ਦਵਿੰਦਰ ਸਿੰਘ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਹਰਜੀਤ ਸਿੰਘ ਸੰਧੂ, ਹਰਪ੍ਰੀਤ ਸਿੰਘ ਅਤੇ ‘10 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ ਅਧਿਆਪਕ ਯੂਨੀਅਨ’ ਵੱਲੋਂ ਜਸਪਾਲ ਸਿੰਘ, ਗੌਰਵ, ਮਮਤਾ ਰਾਣੀ ਅਤੇ ਸੁਰਜੀਤ ਕੌਰ ਅਤੇ ਉਨ੍ਹਾਂ ਦੇ ਯੂਨੀਅਨ ਸਾਥੀ ਹਾਜਰ ਸਨ।
Related Posts
Advertisement
