ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ
ਹੁਸ਼ਿਆਰਪੁਰ, 19 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਿਆਰੀਆਂ ਅਤੇ ਇਸ ਦੇ ਵਿਗਿਆਨਕ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਬਲਾਕ ਪੱਧਰ 'ਤੇ ਉਪਲਬੱਧ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਸਥਿਤੀ, ਕਿਸਾਨਾਂ ਨੂੰ ਹੁਣ ਤੱਕ ਦਿੱਤੀਆਂ ਗਈਆਂ ਸਬਸਿਡੀ ਵਾਲੀਆਂ ਮਸ਼ੀਨਾਂ, ਉਨ੍ਹਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਉਦਯੋਗਿਕ ਇਕਾਈਆਂ ਦੁਆਰਾ ਖਪਤ ਕੀਤੀ ਜਾਂਦੀ ਪਰਾਲੀ ਦੇ ਪ੍ਰਬੰਧਨ ਲਈ ਯੋਜਨਾਵਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 3063 ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਉਪਲਬੱਧ ਕਰਵਾਈਆਂ ਗਈਆਂ ਹਨ, ਜਦੋਂ ਕਿ ਮੌਜੂਦਾ ਸਾਲ ਵਿਚ ਹੁਣ ਤੱਕ 156 ਮਸ਼ੀਨਾਂ ਕਿਸਾਨਾਂ ਵੱਲੋਂ ਖ਼ੁਦ ਖ਼ਰੀਦੀਆਂ ਗਈਆਂ ਹਨ। ਇਨ੍ਹਾਂ ਵਿਚ ਇਨ-ਸੀਟੂ ਮਸ਼ੀਨਾਂ (ਖੇਤ ਵਿਚ ਹੀ ਪਰਾਲੀ ਦੇ ਪ੍ਰਬੰਧਨ ਲਈ) ਅਤੇ ਐਕਸ-ਸੀਟੂ ਬੇਲਰ ਮਸ਼ੀਨਾਂ (ਪਰਾਲੀ ਦੇ ਬੰਡਲ ਬਣਾਉਣ ਅਤੇ ਉਦਯੋਗਿਕ ਇਕਾਈਆਂ ਵਿਚ ਖਪਤ ਲਈ) ਸ਼ਾਮਲ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਵਿਚ ਪਰਾਲੀ ਪ੍ਰਬੰਧਨ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਆਈ.ਈ.ਸੀ ਗਤੀਵਿਧੀਆਂ ਚਲਾਈਆਂ ਜਾਣ। ਇਸ ਤਹਿਤ ਪ੍ਰਚਾਰ ਵੈਨਾਂ, ਸਕੂਲ ਪੱਧਰੀ ਮੁਕਾਬਲੇ ਅਤੇ ਖੇਤੀਬਾੜੀ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਤਿਆਗ ਦੇਣ ਅਤੇ ਉਪਲਬੱਧ ਸਰੋਤਾਂ ਦੀ ਵਰਤੋਂ ਕਰਕੇ ਪਰਾਲੀ ਦਾ ਵਿਗਿਆਨਕ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਇਸ ਮਾਮਲੇ ਵਿਚ ਤਕਨੀਕੀ ਜਾਣਕਾਰੀ ਅਤੇ ਲੋੜੀਂਦੀ ਮਦਦ ਲਈ ਸਿੱਧੇ ਤੌਰ 'ਤੇ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਸਾਰੇ ਉਪ-ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਪੱਧਰ 'ਤੇ ਪਰਾਲੀ ਪ੍ਰਬੰਧਨ ਯੋਜਨਾਵਾਂ ਦਾ ਨਿਰੀਖਣ ਕਰਨ ਅਤੇ ਆਉਣ ਵਾਲੇ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਠੋਸ ਉਪਾਅ ਕਰਨ। ਡੀ.ਸੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੋਡਲ ਅਫ਼ਸਰ ਅਤੇ ਕਲੱਸਟਰ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ।
ਉਨ੍ਹਾਂ ਸਾਰੇ ਵਿਭਾਗਾਂ ਨੂੰ ਪਰਾਲੀ ਪ੍ਰਬੰਧਨ ਦੇ ਕੰਮ ਵਿਚ ਪੂਰੀ ਮੁਸਤੈਦੀ ਅਤੇ ਜ਼ਿੰਮੇਵਾਰੀ ਨਾਲ ਆਪਣੇ ਫਰਜ਼ ਨਿਭਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਏ.ਡੀ.ਸੀ (ਵਿਕਾਸ) ਨਿਕਾਸ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Related Posts
Advertisement
