ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦਾ ਪਹਿਲਾ ਜੱਥਾ ਰਵਾਨਾ

ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦਾ ਪਹਿਲਾ ਜੱਥਾ ਰਵਾਨਾ

ਬਰਨਾਲਾ, 27 ਨਵੰਬਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦਾ ਬੈਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਵੱਲੋਂ ਦੱਸਿਆ ਕੀ ਅੱਜ ਸ਼ਰਧਾਲੂਆਂ ਨੂੰ ਪਿੰਡ ਲੋਹਗੜ੍ਹ, ਰਾਮਗੜ੍ਹ ਅਤੇ ਅਮਲਾ ਸਿੰਘ ਵਾਲਾ ਤੋਂ ਰਵਾਨਾ ਕੀਤਾ ਗਿਆ ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਮੁਫ਼ਤ ਠਹਿਰ ਲਈ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ ਹੈ ।

ਸ਼ਰਧਾਲੂਆਂ ਨੂੰ ਏਸੀ ਬੱਸਾਂ, ਏਸੀ ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ। ਹਰੇਕ ਬੱਸ ਵਿੱਚ ਯਾਤਰੀਆਂ ਦੀ ਸਹਾਇਤਾ ਲਈ ਇੱਕ ਸਹਾਇਕ ਹੈ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮੈਡੀਕਲ ਟੀਮ ਵੀ ਸ਼ਰਧਾਲੂਆਂ ਦੇ ਨਾਲ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੀ ਸਮਾਪਤੀ ਤੋਂ ਬਾਅਦ, ਸਾਰੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਜਾਵੇਗਾ।