ਪੰਜਾਬ ਸਰਕਾਰ ਨੇ ਸ਼ਹੀਦਾਂ ਅਤੇ ਦਿਵਿਆਂਗ ਸੈਨਿਕਾਂ ਦੇ ਆਸ਼ਰਿਤਾਂ ਨੂੰ 10.97 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਵੰਡੀ: ਮੋਹਿੰਦਰ ਭਗਤ
ਚੰਡੀਗੜ੍ਹ, 25 ਫਰਵਰੀ:
ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਮਹਾਨ ਕੁਰਬਾਨੀਆਂ ਦੇਣ ਵਾਲੇ 21 ਸੈਨਿਕਾਂ, ਜਿਨ੍ਹਾਂ ਵਿੱਚ 12 ਸ਼ਹੀਦ ਸੈਨਿਕ ਅਤੇ 9 ਦਿਵਿਆਂਗ ਸੈਨਿਕ ਸ਼ਾਮਲ ਹਨ, ਦੇ ਆਸ਼ਰਿਤਾਂ ਨੂੰ ਐਕਸ-ਗ੍ਰੇਸ਼ੀਆ ਵਜੋਂ 10,97,50,000 ਰੁਪਏ ਰਾਸ਼ੀ ਦੀ ਵੰਡ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦਿੱਤੀ।
ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੀ ਰੱਖਿਆ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਸੂਬੇ ਦੇ ਨੌਜਵਾਨਾਂ ਨੇ ਹਥਿਆਰਬੰਦ ਸੈਨਾਵਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੰਜਾਬ ਦੇ ਸੈਨਿਕਾਂ ਨੇ ਵੱਖ-ਵੱਖ ਜੰਗਾਂ ਵਿੱਚ ਬੇਮਿਸਾਲ ਬਹਾਦਰੀ ਦਿਖਾਈ ਹੈ, ਜਿਸ ਸਦਕਾ ਸਾਡੇ ਦੇਸ਼ ਨੇ ਬਹੁਤ ਨਾਮਣਾ ਖੱਟਿਆ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਬਣਦਾ ਸਨਮਾਨ ਅਤੇ ਵਿੱਤੀ ਸਹਾਇਤਾ ਦੇਣਾ ਯਕੀਨੀ ਬਣਾਉਂਦੀ ਹੈ।
ਮੰਤਰੀ ਨੇ ਅੱਗੇ ਦੱਸਿਆ ਕਿ ਬਹੁਤ ਸਾਰੇ ਸੈਨਿਕ ਛੋਟੀ ਉਮਰ ਵਿੱਚ ਸੇਵਾਮੁਕਤ ਹੋ ਜਾਂਦੇ ਹਨ ਅਤੇ ਉਨ੍ਹਾਂ ਨੂੰ ਨੌਕਰੀ ਦੇ ਹੋਰਨਾਂ ਮੌਕਿਆਂ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਜੰਗੀ ਵਿਧਵਾਵਾਂ, ਦਿਵਿਆਂਗ ਸੈਨਿਕਾਂ ਅਤੇ ਵਿਸ਼ਵ ਯੁੱਧਾਂ ਦੇ ਬੇਸਹਾਰਾ ਸੈਨਿਕਾਂ ਨੂੰ ਵੀ ਸਹਾਇਤਾ ਦੀ ਲੋੜ ਹੁੰਦੀ ਹੈ। ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸਿਖਲਾਈ, ਮੁੜ ਰੋਜ਼ਗਾਰ ਅਤੇ ਸਵੈ-ਰੁਜ਼ਗਾਰ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਲਈ ਸਰਗਰਮੀ ਨਾਲ ਕਾਰਜਸ਼ੀਲ ਹੈ।
ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਆਪਣੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸਨਮਾਨਿਤ ਕਰਨ ਦੇ ਆਪਣੇ ਫ਼ਰਜ਼ ਪ੍ਰਤੀ ਦ੍ਰਿੜ ਹੈ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਹਰ ਸਮੇਂ ਤਿਆਰ ਹੈ।
Related Posts
Advertisement
