ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ 'ਚ ਪ੍ਰਤਿਭਾ ਦੀ ਕੋਈ ਕਮੀ ਨਹੀਂ, ਉਨ੍ਹਾਂ ਨੂੰ ਉਚਿਤ ਮੌਕੇ ਅਤੇ ਹੱਲਾਸ਼ੇਰੀ ਦੇਣ ਦੀ ਲੋੜ : ਵਿਧਾਇਕ ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 30 ਅਕਤੂਬਰ: ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਕਰਵਾਈਆਂ ਗਈਆਂ 70ਵੀਆਂ ਜ਼ਿਲ੍ਹਾ ਪੱਧਰੀ ਵਿਸ਼ੇਸ਼ ਖੇਡਾਂ ਉਤਸ਼ਾਹ ਨਾਲ ਸੰਪੰਨ ਹੋਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕੀਤਾ। ਸਮਾਗਮ ਵਿੱਚ ਸਮਾਜ ਸੇਵੀ ਸੰਜੀਵ ਅਰੋੜਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਿੱਚ ਪ੍ਰਤਿਭਾ, ਆਤਮ-ਵਿਸ਼ਵਾਸ ਅਤੇ ਅੱਗੇ ਵਧਣ ਦੀ ਭਰਪੂਰ ਸਮਰੱਥਾ ਹੁੰਦੀ ਹੈ। ਲੋੜ ਸਿਰਫ਼ ਉਨ੍ਹਾਂ ਨੂੰ ਉਚਿਤ ਮੌਕੇ, ਹੱਲਾਸ਼ੇਰੀ ਅਤੇ ਸਹਿਯੋਗ ਦੇਣ ਦੀ ਹੈ। ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਉਨ੍ਹਾਂ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਲੇ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ, ਹੌਸਲੇ ਅਤੇ ਨਿਰੰਤਰ ਯਤਨਾਂ ਸਦਕਾ ਬੱਚੇ ਇਸ ਮੁਕਾਮ ਤੱਕ ਪਹੁੰਚੇ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹ ਵਿਦਿਆਰਥੀ ਭਵਿੱਖ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ।
ਵਿਧਾਇਕ ਨੇ ਕਿਹਾ ਕਿ ਇਹ ਖੇਡ ਸਮਾਗਮ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਪ੍ਰਤਿਭਾ, ਹੌਸਲੇ, ਆਤਮ-ਵਿਸ਼ਵਾਸ ਅਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਸ਼ਲਾਘਾਯੋਗ ਉਪਰਾਲਾ ਸਾਬਤ ਹੋਇਆ ਹੈ। ਇਸ ਮੌਕੇ ਸਮਾਗਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ, ਪ੍ਰਬੰਧਕਾਂ, ਮਾਪਿਆਂ, ਸਹਿਯੋਗੀਆਂ ਅਤੇ ਸੇਵਾ ਕਰਨ ਵਾਲੀਆਂ ਸੰਸਥਾਵਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ।
ਇਸ ਮੌਕੇ ਸਰਬੱਤ ਦਾ ਭਲਾ ਸੋਸਾਇਟੀ, ਹੁਸ਼ਿਆਰਪੁਰ ਦੇ ਪ੍ਰਧਾਨ ਆਗਿਆਪਾਲ ਸਿੰਘ ਸਾਹਨੀ, ਰੋਹਤਾਸ਼ ਜੈਨ ਅਤੇ ਗੁਰੂ ਰਾਮਦਾਸ ਲੰਗਰ ਸੇਵਾ ਵੱਲੋਂ ਬਾਬਾ ਮਨਜੀਤ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਸਥਾਨਕ ਕੌਂਸਲਰ ਅਤੇ ਪਾਰਟੀ ਦੇ ਸਪੋਰਟਸ ਇੰਚਾਰਜ ਵਰਿੰਦਰ ਦੱਤ ਵੈਦ ਵੀ ਮੌਜੂਦ ਸਨ।

