ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 14 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸਾਂ ਸਮੇਤ ਦੋ .30 ਬੋਰ ਸਟਾਰ-ਮਾਰਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੂਸਫ਼ ਮਸੀਹ ਉਰਫ਼ ਐਮਪੀ, ਵਾਸੀ ਧਰਮਕੋਟ ਬੱਗਾ, ਬਟਾਲਾ, ਸੈਮੂਅਲ ਮਸੀਹ ਉਰਫ਼ ਅੰਕਿਤ ਉਰਫ਼ ਅੰਕੀ, ਵਾਸੀ ਪਿੰਡਾ ਰੋੜੀ, ਬਟਾਲਾ ਅਤੇ ਸਾਹਿਬਜੀਤ ਸਿੰਘ ਉਰਫ਼ ਸਾਭੀ, ਵਾਸੀ ਹਰੂਵਾਲ, ਬਟਾਲਾ ਵਜੋਂ ਹੋਈ ਹੈ। ਦੋ ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ02ਡੀਕਿਉ0314 ਸੀ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਰਮੀਨੀਆ ਅਧਾਰਤ ਲੋੜੀਂਦੇ ਗੈਂਗਸਟਰ ਰਾਜਾ ਹਾਰੂਵਾਲ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ, ਜਿਸਨੇ ਬਰਾਮਦ ਕੀਤੇ ਹਥਿਆਰਾਂ ਦੀ ਡਲਿਵਰੀ ਦਾ ਪ੍ਰਬੰਧ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਮਾਡਿਊਲ ਹਥਿਆਰਾਂ ਅਤੇ ਪੈਸੇ ਦਾ ਲੈਣ-ਦੇਣ ਕਰਨ ਤੋਂ ਇਲਾਵਾ ਜਬਰੀ ਵਸੂਲੀ ਲਈ ਕਈ ਵਿਅਕਤੀਆਂ ਦੀ ਰੇਕੀ ਵੀ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦੀ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਨੂੰ ਨਸ਼ਟ ਕੀਤਾ ਜਾ ਸਕੇ।

ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਬਟਾਲਾ ਖੇਤਰ ਤੋਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਹੈ ਜਿਨ੍ਹਾਂ ਵਿਰੁੱਧ ਬਟਾਲਾ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਅਗਵਾ, ਕਤਲ ਦੀ ਕੋਸ਼ਿਸ਼ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ ਦਰਜ ਹਨ।

ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਹਥਿਆਰ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 67 ਮਿਤੀ 13.11.2025 ਨੂੰ ਦਰਜ ਕੀਤਾ ਗਿਆ ਹੈ।