ਸੂਬੇ ਵਿੱਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ-ਮੁੱਖ ਮੰਤਰੀ

ਸੂਬੇ ਵਿੱਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ-ਮੁੱਖ ਮੰਤਰੀ

*ਬੱਸੀ ਪਠਾਣਾ/ਮੋਰਿੰਡਾ, 23 ਅਕਤੂਬਰ*:

ਸੂਬੇ ਵਿੱਚ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਤੈਅ ਕੀਤੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ।
ਅੱਜ ਬੱਸੀ ਪਠਾਣਾ ਅਤੇ ਮੋਰਿੰਡਾ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਿਆਨਕ ਹੜ੍ਹਾਂ ਨੇ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਨਿਰਧਾਰਤ ਮਾਪਦੰਡਾਂ ਵਿੱਚ ਢਿੱਲ ਦੇਣੀ ਚਾਹੀਦੀ ਹੈ ਕਿਉਂਕਿ ਝੋਨੇ ਵਿੱਚ ਨਮੀ ਦੀ ਮਾਤਰਾ, ਖਰਾਬ ਤੇ ਬਦਰੰਗ ਹੋਏ ਦਾਣਿਆਂ ਦੀ ਮਾਤਰਾ ਵਧ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਬੇਨਤੀ ਕਰ ਚੁੱਕੇ ਹਨ ਕਿ ਉਹ ਸੂਬੇ ਦੇ ਕਿਸਾਨਾਂ ਦੀ ਇਸ ਅਤਿ ਲੋੜੀਂਦੀ ਮੰਗ ਪੂਰੀ ਕਰੇ ਕਿਉਂਕਿ ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ ਕਈ ਪ੍ਰਭਾਵਿਤ ਖੇਤਰਾਂ ਵਿੱਚ ਝੋਨੇ ਦਾ ਨੁਕਸਾਨ ਹੋਇਆ ਅਤੇ ਦਾਣੇ ਬਦਰੰਗ ਹੋ ਗਏ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ  ਪੰਜਾਬ ਵੱਲੋਂ ਅਜੇ ਵੀ ਕੌਮੀ ਅੰਨ ਭੰਡਾਰ ਵਿੱਚ 170 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬੀ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਹੋਇਆ ਇਕ-ਇਕ ਦਾਣਾ ਖਰੀਦਿਆ ਜਾਵੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ, 2025-26 ਵਿੱਚ ਝੋਨੇ ਦੀ ਖਰੀਦ ਲਈ 1822 ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਹੈ ਅਤੇ ਇਹ ਸਾਰੀਆਂ ਮੰਡੀਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੁਆਰਾ ਅਲਾਟ ਕੀਤੀਆਂ ਗਈਆਂ ਹਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਤੱਕ ਸੂਬੇ ਦੀਆਂ ਮੰਡੀਆਂ ਵਿੱਚ 63.49 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ ਹੈ, ਜਿਸ ਵਿੱਚੋਂ 61.01 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਖਰੀਦ ਦੇ 72 ਘੰਟਿਆਂ ਦੇ ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਂਦੇ ਹੋਏ ਮੰਡੀਆਂ ਵਿੱਚੋਂ 91.80 ਫੀਸਦੀ ਲਿਫਟਿੰਗ ਹੋ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਝੋਨੇ ਦੀ ਖਰੀਦ ਦੇ ਬਦਲੇ ਕਿਸਾਨਾਂ ਨੂੰ ਕੁੱਲ 13073.07 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਮੰਡੀਆਂ ਵਿੱਚ ਖਰੀਦ ਕਾਰਜ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵਿੱਚ ਸਹੂਲਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਮੰਡੀਆਂ ਵਿੱਚੋਂ ਫ਼ਸਲ ਦੀ ਸਮੇਂ ਸਿਰ ਅਤੇ ਤੁਰੰਤ ਚੁਕਾਈ ਯਕੀਨੀ ਬਣਾਈ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਕਿਸਾਨਾਂ ਨੂੰ ਫਸਲ ਦੀ ਖਰੀਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕੀਤੀ ਜਾ ਰਹੀ ਹੈ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਗੰਭੀਰ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅਜੇ ਤੱਕ ਪ੍ਰਧਾਨ ਮੰਤਰੀ ਵੱਲੋਂ ਹੜ੍ਹ ਰਾਹਤ ਲਈ ਐਲਾਨੇ ਗਏ 1600 ਕਰੋੜ ਰੁਪਏ ਨਹੀਂ ਮਿਲੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ ਨਾਲ ਇਸ ਦੁਰਵਿਵਹਾਰ ਨੂੰ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਅਤੇ ਖੜਗਭੁਜਾ ਦੇ ਤੌਰ ’ਤੇ ਜਾਣਿਆ ਜਾਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਜੀਆਂ ਰਾਜਨੀਤਿਕ ਪਾਰਟੀਆਂ ਨੇ ਹਮੇਸ਼ਾ ਨਫ਼ਰਤ ਅਤੇ ਫੁੱਟ ਪਾਉਣ ਦੇ ਏਜੰਡੇ ਨੂੰ ਅੱਗੇ ਵਧਾਇਆ ਹੈ, ਸੂਬਾ ਸਰਕਾਰ ਨੇ ਇਨ੍ਹਾਂ ਪੰਜ ਖੇਤਰਾਂ ਨੂੰ ਸਭ ਤੋਂ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਲਈ ਯੋਗਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 44 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪਾਸ ਕੀਤਾ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਛੇਤੀ ਹੀ 1,000 ਨੂੰ ਪਾਰ ਕਰ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ 1.75 ਕਰੋੜ ਲੋਕਾਂ ਨੂੰ ਮੁਫ਼ਤ ਦਵਾਈ ਪ੍ਰਦਾਨ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਵਿੱਚ ਸੁਧਾਰਾਂ ਨਾਲ ਪੰਜਾਬ, ਦੇਸ਼ ਲਈ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਬਿਜਲੀ ਖੇਤਰ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ ਜਿਸ ਨਾਲ ਬਿਜਲੀ ਖੇਤਰ ਹੋਰ ਮਜ਼ਬੂਤ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਉਹ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਰਸਮੀ ਤੌਰ 'ਤੇ ਸੱਦਾ ਦੇਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਲਈ ਪੂਰੇ ਇੰਤਜ਼ਾਮ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਭਰ ਵਿੱਚ ਸ਼ਹੀਦੀ ਦਿਹਾੜੇ ਨੂੰ ਸ਼ਰਧਾ-ਭਾਵਨਾ ਨਾਲ ਮਨਾਉਣ ਲਈ ਕਈ ਸਮਾਗਮ ਉਲੀਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜੀਵਾਰ ਸਮਾਗਮ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਣਗੇ। ਸੂਬਾ ਸਰਕਾਰ ਇਹ ਇਤਿਹਾਸਕ ਸਮਾਗਮ ਮੁੱਖ ਤੌਰ 'ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਕਰਵਾਏਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੜੀਵਾਰ ਸਮਾਗਮਾਂ ਦਾ ਉਦੇਸ਼ ਲੋਕਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖਤਾ, ਮਾਨਵਤਾ ਅਤੇ ਕੁਰਬਾਨੀ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਨਾ ਹੋਵੇਗਾ, ਜਿਨ੍ਹਾਂ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਬਲੀਦਾਨ ਦੇ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਵਿਲੱਖਣ ਅਤੇ ਬੇਮਿਸਾਲ ਹੈ ਜੋ ਅਨਿਆਂ, ਜਬਰ-ਜ਼ੁਲਮ ਅਤੇ ਦਮਨ ਦੇ ਵਿਰੁੱਧ ਧਰਮ ਯੁੱਧ ਦਾ ਪ੍ਰਤੀਕ ਸੀ।