ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 4 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਚਲਦਿਆਂ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਵੀ ਦਰਿਆ ਨੇੜਲੇ ਪਿੰਡ ਘੋਨੇਵਾਲ ਤੋਂ ਆਧੁਨਿਕ ਹਥਿਆਰਾਂ ਅਤੇ ਭਾਰੀ ਮਾਤਰਾ ਵਿੱਚ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ  ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਮੰਗਲਵਾਰ ਨੂੰ  ਦਿੱਤੀ।

ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲੀ ਸਿੱਕੇ ਵਿੱਚ ਦੋ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਦੇ ਸਮੇਤ ਅੱਠ ਮੈਗਜ਼ੀਨ, ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਅਤੇ .30 ਬੋਰ ਦੇ 50 ਜਿੰਦਾ ਕਾਰਤੂਸ ਅਤੇ 7.62 ਐਮਐਮ ਦੇ 245 ਜਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਪਾਕਿ-ਸਮਰਥਿਤ ਅੱਤਵਾਦੀਆਂ ਅਤੇ ਗਿਰੋਹਾਂ ਦੀਆਂ ਆਪਸੀ ਦੁਸ਼ਮਣੀਆਂ ਦੀਆਂ ਵਧ ਰਹੀਆਂ ਗਤੀਵਿਧੀਆਂ ਬਾਰੇ ਹਾਲ ਹੀ ਵਿੱਚ ਪ੍ਰਾਪਤ ਜਾਣਕਾਰੀ ਦੇ ਮੱਦੇਨਜ਼ਰ, ਪੰਜਾਬ ਪੁਲਿਸ ਵੱਲੋਂ ਕੀਤੀ ਗਈ ਇਸ ਫੌਰੀ ਅਤੇ ਮੁਸਤੈਦ ਕਾਰਵਾਈ ਸਦਕਾ ਵੱਡੀ ਵਾਰਦਾਤ ਹੋਣ ਤੋਂ ਟਲ਼ ਗਈ ਹੈ ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀ ਆਈ ਜੀ ਬਾਰਡਰ ਰੇਂਜ ਸੰਦੀਪ ਗੋਇਲ  ਨੇ ਕਿਹਾ ਕਿ ਸਰਹੱਦ ਪਾਰੋਂ ਆਧੁਨਿਕ ਹਥਿਆਰਾਂ ਦੀ ਖੇਪ ਦੀ ਆਮਦ ਬਾਰੇ ਪੁਖ਼ਤਾ ਇਤਲਾਹ ਤੇ ਕਾਰਵਾਈ ਕਰਦਿਆਂ ਐਸ ਐਸ ਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮਾਂ ਨੇ ਪਿੰਡ ਘੋਨੇਵਾਲ ਦੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਵਿੱਢੀ । ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ, ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਰਾਵੀ ਦਰਿਆ  ਦੇ ਨੇੜਿਓਂ  ਆਧੁਨਿਕ ਹਥਿਆਰਾਂ ਅਤੇ ਗੋਲੀ ਸਿੱਕੇ ਵਾਲਾ ਇੱਕ ਬੈਗ ਬਰਾਮਦ ਕੀਤਾ ਗਿਆ।

ਐਸ.ਐਸ.ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲੀ ਸਿੱਕੇ  ਦੇ ਸਰੋਤਾਂ ਅਤੇ ਹਥਿਆਰ ਪਹੰਚਾਏ ਜਾਣ ਵਾਲੇ ਟਿਕਾਣੇ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।  

ਇਸ ਸਬੰਧ ਵਿੱਚ, ਐਫਆਈਆਰ ਨੰਬਰ 174 ਮਿਤੀ 04/11/2025 ਨੂੰ ਆਰਮਜ਼ ਐਕਟ ਦੀ ਧਾਰਾ 25(8) ਅਤੇ ਬੀਐਨਐਸ ਦੀ ਧਾਰਾ 113 ਤਹਿਤ ਪੁਲਿਸ ਸਟੇਸ਼ਨ ਰਾਮਦਾਸ ਵਿਖੇ ਕੇਸ ਦਰਜ ਕੀਤਾ ਗਿਆ  ਹੈ।