ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 25 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਲਗਭਗ 2.5-2.5 ਕਿਲੋਗ੍ਰਾਮ ਭਾਰ ਦੀਆਂ ਦੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਈਆਈਡੀ), ਜੋ ਕਿ ਹਾਈ ਗ੍ਰੇਡ ਆਰਡੀਐਕਸ ਨਾਲ ਧਾਤ ਦੇ ਕੰਟੇਨਰਾਂ ਵਿੱਚ ਪੈਕ ਕੀਤੀਆਂ ਗਈਆਂ ਸਨ ਅਤੇ ਧਮਾਕੇ ਲਈ ਟਾਈਮਰਾਂ ਨਾਲ ਲੈਸ ਹਨ, ਅਤੇ ਇੱਕ ਆਧੁਨਿਕ .30 ਬੋਰ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਟਿੱਡੀ ਵਾਸੀ ਪਿੰਡ ਕੋਟਲਾ ਤਰਖਾਣਾ, ਅੰਮ੍ਰਿਤਸਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਥਾਣਾ ਸਦਰ ਬਟਾਲਾ ਅਤੇ ਕਲਾਨੌਰ ਵਿੱਚ ਦੋ ਅਪਰਾਧਿਕ ਮਾਮਲੇ ਦਰਜ ਹਨ। ਗੁਰਦਾਸਪੁਰ ਅਤੇ ਅੰਮ੍ਰਿਤਸਰ ਦੀਆਂ ਜੇਲ੍ਹਾਂ ਵਿੱਚ ਲਗਭਗ ਡੇਢ ਸਾਲ ਦੀ ਸਜਾ ਉਪਰੰਤ ਉਸ ਨੂੰ ਫਰਵਰੀ 2025 ਵਿੱਚ ਰਿਹਾਅ ਕੀਤਾ ਗਿਆ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਸਨੇ ਆਪਣੀਆਂ ਅਪਰਾਧਿਕ ਗਤੀਵਿਧੀਆਂ ਦੁਬਾਰਾ ਸ਼ੁਰੂ ਕਰ ਦਿੱਤੀਆਂ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਅਰਮੀਨੀਆ, ਯੂਨਾਈਟਿਡ ਕਿੰਗਡਮ (ਯੂਕੇ) ਅਤੇ ਜਰਮਨੀ ਅਧਾਰਤ ਆਪਣੇ ਹੈਂਡਲਰਾਂ ਜਿਨ੍ਹਾਂ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦੇ ਪਾਕਿਸਤਾਨ ਅਧਾਰਤ ਮਾਸਟਰਮਾਈਂਡ ਤੋਂ ਨਿਰਦੇਸ਼ ਮਿਲ ਰਹੇ ਹਨ, ਦੇ ਇਸ਼ਾਰਿਆਂ 'ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਸ਼ੱਕੀ ਮਨਪ੍ਰੀਤ ਸਿੰਘ ਉਰਫ਼ ਟਿੱਡੀ ਨੂੰ ਗ੍ਰਿਫ਼ਤਾਰ ਕਰਕੇ ਕਬਜ਼ੇ ਵਿੱਚੋਂ .30 ਬੋਰ ਦੇ ਇੱਕ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਦੋਸ਼ੀ ਵੱਲੋਂ ਕੀਤੇ ਖੁਲਾਸੇ ਉਪਰੰਤ, ਪਿੰਡ ਕੋਟਲਾ ਤਰਖਾਣਾ ਦੇ ਖੇਤਰ ਤੋਂ ਦੋ ਆਈਈਡੀਜ਼, ਜੋ ਕਿ ਹਾਈ ਗ੍ਰੇਡ ਆਰਡੀਐਕਸ ਨਾਲ ਧਾਤ ਦੇ ਕੰਟੇਨਰਾਂ ਵਿੱਚ ਪੈਕ ਕੀਤੀਆਂ ਗਈਆਂ ਸਨ ਅਤੇ ਧਮਾਕੇ ਲਈ ਟਾਈਮਰਾਂ ਨਾਲ ਲੈਸ ਹਨ, ਵੀ ਬਰਾਮਦ ਕੀਤੀਆਂ।
ਏਆਈਜੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਚੱਲਿਆ ਹੈ ਕਿ ਲਗਭਗ ਦੋ ਹਫ਼ਤੇ ਪਹਿਲਾਂ, ਜ਼ਬਤ ਕੀਤੀ ਗਈ ਇਹ ਖੇਪ ਪਾਕਿਸਤਾਨ ਅਧਾਰਤ ਹੈਂਡਲਰ ਵੱਲੋਂ ਅਜਨਾਲਾ ਸੈਕਟਰ ਵਿੱਚ ਡਰੋਨ ਰਾਹੀਂ ਭੇਜੀ ਗਈ ਸੀ ਅਤੇ ਇਹ ਖੇਪ ਗ੍ਰਿਫਤਾਰ ਕੀਤੇ ਗਏ ਵਿਅਕਤੀ ਨੇ ਪ੍ਰਾਪਤ ਕਰਕੇ ਆਪਣੇ ਪਿੰਡ ਕੋਟਲਾ ਤਰਖਾਣਾ ਦੇ ਨੇੜੇ ਇੱਕ ਨਹਿਰ ਕੋਲ ਛੁਪਾ ਦਿੱਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸਦੇ ਹੈਂਡਲਰਾਂ ਨੇ ਉਸ ਨੂੰ ਤਿਆਰ ਰਹਿਣ ਅਤੇ ਇਸ ਆਈਈਡੀਜ਼ ਦੀ ਟੀਚਾਗਤ ਵਰਤੋਂ ਲਈ ਕਿਸੇ ਹੋਰ ਵਿਅਕਤੀ ਨੂੰ ਡਿਲੀਵਰ ਕਰਨ ਵਾਸਤੇ ਅਗਲੇ ਆਦੇਸ਼ਾਂ ਦੀ ਉਡੀਕ ਕਰਨ ਲਈ ਕਿਹਾ ਸੀ।
ਇਸ ਸਬੰਧੀ, ਐਫਆਈਆਰ ਨੰਬਰ 63 ਮਿਤੀ 25.10.2025 ਨੂੰ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61(2) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।





