ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ

ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ

 

ਫ਼ਿਰੋਜ਼ਪੁਰ 22 ਜੁਲਾਈ 2025:

  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਬੱਗੇ ਕੇ ਪਿੱਪਲ ਅਤੇ ਬਸਤੀ ਗੋਬਿੰਦ ਨਗਰ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਜਨ ਸਭਾਵਾਂ ਵਿੱਚ ਸ਼ਿਰਕਤ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਇਸ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਅਮਨਦੀਪ ਕੌਰ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਅਤੇ ਡੀ.ਐਸ.ਪੀ. ਸੁਖਵਿੰਦਰ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਪੂਰੀ ਸਖ਼ਤਾਈ ਵਾਲਾ ਰਵੱਈਆ ਅਪਣਾਇਆ ਗਿਆ ਹੈ ਅਤੇ ਨਸ਼ੇ ਨਾਲ ਪੀੜਤ ਵਿਅਕਤੀਆਂ ਦੇ ਇਲਾਜ ਉਪਰੰਤ ਮੁੜ ਵਸੇਬੇ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦਾ ਇਲਾਜ ਨਸ਼ਾ ਛਡਾਊ ਕੇਂਦਰਾਂ ਵਿੱਚ ਬਿਲਕੁਲ ਮੁਫਤ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਬਣਾਈਆਂ ਨਾਜਾਇਜ਼ ਜਾਇਦਾਦਾਂ 'ਤੇ ਵੀ ਪੀਲਾ ਪੰਜਾ ਚਲਾਇਆ ਜਾ ਰਿਹਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਪਿੰਡ ਵਿੱਚ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਪਿੰਡ ਵਾਸੀ ਬੇਝਿਜਕ ਹੋ ਕੇ ਉਨ੍ਹਾਂ ਨੂੰ ਜਾਂ ਫਿਰ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦੇਵੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।  ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ, ਗੁਆਂਢ ਜਾਂ ਰਿਸ਼ਤੇਦਾਰੀ ਵਿੱਚ ਕੋਈ ਵੀ ਨੌਜਵਾਨ ਜਾਂ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇ ਤਾਂ ਜੋ ਉਹ ਨਸ਼ਾ ਛੱਡ ਕੇ ਆਪਣੀ ਬਾਕੀ ਦੀ ਜ਼ਿੰਦਗੀ ਤੰਦਰੁਸਤੀ ਅਤੇ ਮਾਣ ਸਨਮਾਨ ਨਾਲ ਬਤੀਤ ਕਰ ਸਕੇ। 

ਇਸ ਦੌਰਾਨ ਡਾ. ਅਮਨਦੀਪ ਕੌਰ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ ਤਾਂ ਹੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ। 

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਪਿੰਡ ਵਾਸੀਆਂ ਨੂੰ ਆਪਣਾ ਪੂਰਨ ਸਹਿਯੋਗ ਦੇਣ ਲਈ ਸਹੁੰ ਵੀ ਚੁਕਾਈ ਗਈ। 

ਇਸ ਮੌਕੇ ਗਗਨਦੀਪ ਸਿੰਘ (ਬਲਾਕ ਪ੍ਰਧਾਨ), ਗੁਰਜੀਤ ਸਿੰਘ ਚੀਮਾ, ਸੱਜਣ ਸਿੰਘ (ਹਾਜੀ ਵਾਲਾ), ਰਣਜੀਤ ਸਿੰਘ, ਬਲਦੇਵ ਸਿੰਘ ਮੱਲ੍ਹੀ, ਕੁਲਦੀਪ ਸਿੰਘ ਚੀਮਾ, ਸੁਖਵਿੰਦਰ ਸਿੰਘ ਸਿੱਧੂ, ਸੁਬੇਗ ਸਿੰਘ, ਮਨਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।