ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਸੁਨਾਮ, 06 ਦਸੰਬਰ 2025

ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰ. 17 ਤੋਂ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅੱਜ ਆਪਣੇ ਪਰਿਵਾਰ ਅਤੇ ਵੱਡੀ ਗਿਣਤੀ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ 'ਆਪ' ਵਿਚ ਸ਼ਾਮਿਲ ਹੋ ਗਏ। ਆਪ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਆਪ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 'ਯੁੱਧ ਨਸਿਆਂ ਵਿਰੁੱਧ' ਤੇ ਭਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਤੋਂ ਪ੍ਰਭਾਵਿਤ ਹੋਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।

ਯਾਦਵਿੰਦਰ ਸਿੰਘ ਨਿਰਮਾਣ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਨਵਾਂ ਆਸਰਾ ਦਿੱਤਾ ਹੈ। ਸਾਬਕਾ ਕੌਂਸਲਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨੇ ਅਤੇ ਲੋਕਾਂ ਦੇ ਦਰਵਾਜ਼ੇ 'ਤੇ ਸੁਵਿਧਾਵਾਂ ਪਹੁੰਚਾਉਣਾ—ਇਹੀ ਸੱਚੀ ਰਾਜਨੀਤੀ ਹੈ। ਉਹਨਾਂ ਕਿਹਾ ਕਿ ਸਾਬਕਾ ਸਰਕਾਰਾਂ ਨੇ ਸੁਨਾਮ ਹਲਕੇ ਦੀ ਅਣਦੇਖੀ ਕਰ ਕੇ ਵਿਕਾਸ ਰੋਕਿਆ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਲਾਕੇ ਦੇ ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਅਤੇ ਨੌਜਵਾਨਾਂ ਲਈ ਰੋਜ਼ਗਾਰ ਮੌਕਿਆਂ 'ਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ।

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰੇ ਨਵੇਂ ਸਾਥੀਆਂ ਦਾ ਗਰਮਜੋਸ਼ੀ ਨਾਲ ਸੁਆਗਤ ਕਰਦੇ ਹੋਏ ਕਿਹਾ ਕਿ "ਬਦਲਾਅ ਦੀ ਸੋਚ ਰੱਖਣ ਵਾਲੇ ਅਤੇ ਲੋਕਾਂ ਦੀ ਸੇਵਾ ਨੂੰ ਆਪਣਾ ਧਰਮ ਸਮਝਣ ਵਾਲੇ ਨੇਤਾ ਪਾਰਟੀ ਦੀ ਤਾਕਤ ਹਨ।" ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਰੋਜ਼ ਵੱਧ ਰਹੀ ਹੈ ਕਿਉਂਕਿ ਲੋਕ ਰਾਜਨੀਤੀ ਵਿੱਚ ਸੱਚਾਈ ਅਤੇ ਵਿਕਾਸ ਨੂੰ ਤਰਜੀਹ ਦੇ ਰਹੇ ਹਨ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ ਜੁਨੇਜਾ,ਸਰਪੰਚ ਯੂਨੀਅਨ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਕੌਂਸਲਰ ਵਰੁਨ ਮਦਾਨ (ਮੌਂਟੀ ਮਦਾਨ), ਪ੍ਰਿਤਪਾਲ ਸਿੰਘ ਕਾਲਾ, ਮੇਜਰ ਸਿੰਘ, ਕੁਲਵੀਰ ਸਿੰਘ ਚਹਿਲ, ਪ੍ਰਵੀਨ ਕੁਮਾਰ ਬਿੱਟੂ ਅਤੇ ਰਾਜੂ ਕਤਿਆਲ ਆਦਿ ਮੌਜੂਦ ਸਨ।