ਨਸ਼ਿਆਂ ਵਿਰੁੱਧ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਨਾਰੰਗਵਾਲ ਨੇ ਮੁੱਖ ਮੰਤਰੀ ਨੂੰ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ

ਨਸ਼ਿਆਂ ਵਿਰੁੱਧ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਨਾਰੰਗਵਾਲ ਨੇ ਮੁੱਖ ਮੰਤਰੀ ਨੂੰ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ

ਨਾਰੰਗਵਾਲ (ਲੁਧਿਆਣਾ), 17 ਮਈ:

ਨਸ਼ਿਆਂ ਵਿਰੁੱਧ ਜੰਗ ਵਿੱਚ ਮੋਹਰੀ ਰਹਿਣ ਵਾਲੇ ਪਿੰਡ ਨਾਰੰਗਵਾਲ ਦੇ ਲੋਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣਾ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਨਸ਼ੇ ਤੋਂ ਪੀੜਤ ਰਹੇ ਅਮਨ ਸ਼ਰਮਾ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਹ ਪਿਛਲੇ 12 ਸਾਲਾਂ ਤੋਂ ਨਸ਼ਿਆਂ ਦਾ ਆਦੀ ਸੀ ਪਰ ਹੁਣ ਸੂਬਾ ਸਰਕਾਰ ਵੱਲੋਂ ਨਸ਼ਿਆਂ ‘ਤੇ ਸ਼ਿਕੰਜਾ ਕੱਸਣ ਸਦਕਾ ਉਹ ਇਸ ਦਲਦਲ ਵਿੱਚੋਂ ਬਾਹਰ ਨਿਕਲਣ ਦੇ ਯੋਗ ਹੋ ਗਿਆ ਹੈ। ਉਸ ਨੇ ਆਮ ਲੋਕਾਂ ਦੀ ਭਲਾਈ ਲਈ ਜ਼ਮੀਨੀ ਪੱਧਰ 'ਤੇ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।
ਇਸ ਮੌਕੇ ਪਿੰਡ ਲਲਤੋਂ ਕਲਾਂ ਦੇ ਪਰਮਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀ ਸਖ਼ਤ ਕਾਰਵਾਈ ਕਾਰਨ ਨਸ਼ਾ ਤਸਕਰਾਂ ਨੇ ਇਹ ਕਾਰੋਬਾਰ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਜਨਤਾ ਦੀ ਸਹੀ ਅਰਥਾਂ ਵਿੱਚ ਭਲਾਈ ਹੈ ਅਤੇ ਇਸ ਲਈ ਮੁੱਖ ਮੰਤਰੀ ਸ਼ਲਾਘਾ ਦੇ ਪਾਤਰ ਹਨ।
ਪਿੰਡ ਦੇ ਇੱਕ ਹੋਰ ਨਿਵਾਸੀ ਨਿਖਿਲ ਸ਼ਰਮਾ ਨੇ ਕਿਹਾ ਕਿ ਉਸ ਦਾ ਭਰਾ ਨਸ਼ਿਆਂ ਦਾ ਆਦੀ ਸੀ ਜਿਸ ਕਾਰਨ ਪਰਿਵਾਰ ਬੇਹੱਦ ਦੁਖੀ ਰਹਿੰਦਾ ਸੀ। ਉਸ ਨੇ ਕਿਹਾ ਕਿ ਉਹ ਕਾਂਗਰਸ ਦਾ ਵੱਡਾ ਸਮਰਥਕ ਸੀ ਪਰ ਕਾਂਗਰਸ ਨੇ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਕੁਝ ਨਹੀਂ ਕੀਤਾ। ਉਸਨੇ ਅੱਗੇ ਕਿਹਾ ਕਿ ਹੁਣ ਹਾਲਾਤ ਬਹੁਤ ਬਦਲ ਗਏ ਹਨ ਕਿਉਂਕਿ ਹੁਣ ਨਸ਼ਾ ਤਸਕਰ ਆਪਣਾ ਕਾਰੋਬਾਰ ਛੱਡ ਕੇ ਭੱਜ ਰਹੇ ਹਨ।
ਸਰਪੰਚ ਪਾਲ ਕੌਰ ਨੇ ਕਿਹਾ ਕਿ ਇਹ ਨੇਕ ਕਾਰਜ ਹੈ ਕਿਉਂਕਿ ਸੂਬਾ ਸਰਕਾਰ ਦੀ ਸਖ਼ਤ ਕਾਰਵਾਈ ਸਦਕਾ ਹੁਣ ਨਸ਼ਾ ਤਸਕਰ ਕਿਤੇ ਵੀ ਨਜ਼ਰ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਟੀਚਾਗਤ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਸੂਬਾ ਸਰਕਾਰ ਦੇ ਸਰਗਰਮ ਸਹਿਯੋਗ ਨਾਲ ਪਿੰਡ ਹੁਣ ਨਸ਼ਾ ਮੁਕਤ ਹੋ ਰਹੇ ਹਨ।
ਪਿੰਡ ਦੀ ਵਸਨੀਕ ਇੰਦਰਬੀਰ ਕੌਰ ਨੇ ਕਿਹਾ ਕਿ ਸੂਬੇ ਦੀ ਕਿਸਮਤ ਬਦਲਣ ਦਾ ਸਿਹਰਾ ਪੰਜਾਬ ਦੇ ਮੁੱਖ ਮੰਤਰੀ ਨੂੰ ਜਾਂਦਾ ਹੈ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਚਾਰ ਮੁਕਤ ਪ੍ਰਸ਼ਾਸਨ ਦੇ ਕੇ ਜਨਤਕ ਸੇਵਾ ਵਿੱਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ।
ਪਿੰਡ ਦੇ ਸਰਪੰਚ ਮਨਜਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪਹਿਲੀ ਵਾਰ ਨਸ਼ਿਆਂ ਵਿਰੁੱਧ ਜੰਗ ਜ਼ਮੀਨੀ ਪੱਧਰ 'ਤੇ ਸ਼ੁਰੂ ਕੀਤੀ ਗਈ ਹੈ। ਸਰਪੰਚ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਦੇ ਮੁੱਖ ਮੰਤਰੀ ਨੇ ਸਿਰਫ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਦੇਖ ਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਭਗਵੰਤ ਸਿੰਘ ਮਾਨ ਦੀ ਨਹੀਂ ਹੈ ਬਲਕਿ ਇਹ ਸਾਡੀਆਂ ਪੀੜ੍ਹੀਆਂ ਨੂੰ ਬਚਾਉਣ ਦੀ ਜੰਗ ਹੈ।
Tags: