ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ-ਮੁੱਖ ਮੰਤਰੀ

ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ-ਮੁੱਖ ਮੰਤਰੀ

ਮੋਰਿੰਡਾ (ਰੂਪਨਗਰ), 23 ਅਕਤੂਬਰ:


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਇਆ ਜਾ ਸਕੇ।
ਮੁੱਖ ਮੰਤਰੀ ਅੱਜ ਇੱਥੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ। ਇਸ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕ੍ਰਾਂਤੀ ਵਿਦਿਆਰਥੀਆਂ ਨੂੰ ਭਵਿੱਖਮੁਖੀ ਮੁਕਾਬਲਿਆਂ ਲਈ ਤਿਆਰ ਕਰਕੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਬੁਲੰਦੀਆਂ ਛੂਹਣ ਦੇ ਯੋਗ ਬਣਾਉਣ ਵਿੱਚ ਉਸਾਰੂ ਨਤੀਜੇ ਲਿਆ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਕਈ ਯਤਨ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ, ਹਵਾਈ ਜਹਾਜ਼ ਨੂੰ ਉਡਾਣ ਭਰਨ ਵਿੱਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨੇ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚਿਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਅਤੇ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ 'ਤੇ ਪਹੁੰਚਣ ਵਿੱਚ ਮਦਦ ਕਰਨ ਲਈ ਸੂਬੇ ਨੇ ਸਾਲ 2022 ਵਿੱਚ "ਸਿੱਖਿਆ ਕ੍ਰਾਂਤੀ" ਦੀ ਸ਼ੁਰੂਆਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਤੀਤ ਵੱਲ ਨਜ਼ਰ ਮਾਰੀਏ ਤਾਂ ਦੁੱਖ ਹੁੰਦਾ ਹੈ ਕਿ ਕਿਵੇਂ ਗਲਤ ਨੀਤੀਆਂ ਨੇ ਗਰੀਬ ਬੱਚਿਆਂ ਨੂੰ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ ਜਿਨ੍ਹਾਂ ਦੀ ਦੇਸ਼ ਭਰ ਵਿੱਚ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ 'ਤੇ ਹੁਣ ਤੱਕ 231.74 ਕਰੋੜ ਰੁਪਏ ਖਰਚ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਰੌਸ਼ਨ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਮੰਨਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਬੱਸ ਸੇਵਾ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਇਕ ਵੀ ਕੁੜੀ ਸਿੱਖਿਆ ਪ੍ਰਾਪਤ ਕਰਨ ਤੋਂ ਪਿੱਛੇ ਨਾ ਰਹੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ "ਆਧੁਨਿਕ ਯੁੱਗ ਦੇ ਮੰਦਰ" ਵਜੋਂ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਹਜ਼ਾਰਾਂ ਵਿਦਿਆਰਥੀਆਂ ਦੇ ਜੀਵਨ ਨੂੰ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਇਨ੍ਹਾਂ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈ ਰਹੇ ਹਨ, ਜੋ ਇਸ ਮਾਡਲ ਦੀ ਸਫਲਤਾ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ., ਸੀ.ਐਲ.ਏ.ਟੀ. ਅਤੇ ਨਿਫਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਤੋਂ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਦੀ ਪ੍ਰੀਖਿਆ ਵਿੱਚ ਯੋਗਤਾ ਪ੍ਰਾਪਤ ਕੀਤੀ, 44 ਨੇ ਜੇ.ਈ.ਈ. ਐਡਵਾਂਸ ਪਾਸ ਕੀਤਾ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਕ ਹੋਰ ਪਹਿਲਕਦਮੀ ਕਰਦਿਆਂ ਸਕੂਲ ਮੈਂਟਰਸ਼ਿਪ ਪ੍ਰੋਗਰਾਮ (ਸਕੂਲੀ ਬੱਚਿਆਂ ਦਾ ਮਾਰਗਦਰਸ਼ਨ ਪ੍ਰੋਗਰਾਮ) ਸ਼ੁਰੂ ਕੀਤਾ ਗਿਆ ਹੈ, ਜਿਸ ਦੇ ਤਹਿਤ ਸੀਨੀਅਰ ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੇਧ ਦੇ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਸ਼ੁਰੂ ਕੀਤੀ ਜਿਸ ਨੂੰ ਮਾਪਿਆਂ ਤੋਂ ਵੱਡਾ ਹੁੰਗਾਰਾ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 19,200 ਸਰਕਾਰੀ ਸਕੂਲ ਹਨ ਅਤੇ ਲਗਭਗ 25 ਲੱਖ ਮਾਪੇ ਪੀ.ਟੀ.ਐਮ. ਵਿੱਚ ਹਿੱਸਾ ਲੈ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਿਆਰੀ ਸਿੱਖਿਆ ਵਿੱਚ ਸਰਕਾਰੀ ਤੇ ਨਿੱਜੀ ਸਕੂਲਾਂ ਵਿਚਕਾਰ ਪਾੜੇ ਨੂੰ ਪੂਰਨ ਲਈ ਦ੍ਰਿੜ ਯਤਨ ਕਰ ਰਹੀ ਹੈ।