ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼
ਚੰਡੀਗੜ੍ਹ, 13 ਅਕਤੂਬਰ:
ਹਰਿਆਣਾ ਪੁਲਿਸ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਕੀਤੀ ਗਈ। ਪੇਸ਼ ਕੀਤੀ ਰਿਪੋਰਟ ਅਨੁਸਾਰ ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਸ.ਆਈ.ਟੀ. ਗਠਿਤ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਪੇਸ਼ ਰਿਪੋਰਟ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਮਾਮਲੇ ਵਿੱਚ ਮਾਨਯੋਗ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਅਨੁਸਾਰ ਮਰਹੂਮ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਕਾਰਵਾਈ ਕਰਦਿਆਂ ਜਿਹਨਾਂ 14 ਵਿਅਕਤੀਆਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਦਰਜ ਹੈ ਉਨ੍ਹਾਂ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਇਸ ਤੋਂ ਇਲਾਵਾ ਅੱਜ ਪੇਸ਼ ਕੀਤੀ ਗਈ ਰਿਪੋਰਟ ਨਾਲ ਐਫ.ਆਈ.ਆਰ. ਦੀ ਕਾਪੀ ਨੱਥੀ ਨਹੀਂ ਸੀ ਜਿਸ ਕਾਰਨ ਇਹ ਪਤਾ ਨਹੀਂ ਲੱਗਾ ਕਿ ਜਿਨ੍ਹਾਂ 14 ਅਧਿਕਾਰੀਆਂ ਦਾ ਜ਼ਿਕਰ ਖੁਦਕੁਸ਼ੀ ਨੋਟ ਵਿੱਚ ਹੈ ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ ਜਾਂ ਨਹੀਂ। ਇਸ ਤੋਂ ਇਲਾਵਾ ਮਾਮਲੇ ਸਬੰਧੀ ਗਠਿਤ ਸਿੱਟ ਬਾਰੇ ਵੀ ਲਿਖਤ ਜਾਣਕਾਰੀ ਕਮਿਸ਼ਨ ਨੂੰ ਨਹੀਂ ਦਿੱਤੀ ਗਈ ਸੀ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਬਾਅਦ ਦੁਪਹਿਰ ਮਰਹੂਮ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਮਿਸ਼ਨ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰੇਗਾ।