ਮਾਲੇਰਕੋਟਲਾ ਮਾਈਨਰ ਦੀ ਨਵ-ਉਸਾਰੀ ਨਾਲ ਕਿਸਾਨਾਂ ਨੂੰ ਮਿਲੇਗੀ ਨਹਿਰੀ ਸਿੰਚਾਈ ਦੀ ਵੱਡੀ ਸਹੂਲਤ : ਬਰਿੰਦਰ ਕੁਮਾਰ ਗੋਇਲ
ਅਮਰਗੜ੍ਹ/ਮਾਲੇਰਕੋਟਲਾ, 22 ਨਵੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿਛਲੇ ਦਿਨੀਂ ਪਿੰਡ ਨਾਰੀਕੇ ਵਿਖੇ ਮਾਲੇਰਕੋਟਲਾ ਮਾਈਨਰ ਦੀ ਨਵ-ਉਸਾਰੀ ਦੇ ਚੱਲ ਰਹੇ ਕਾਰਜਾਂ ਦਾ ਨਿਰੀਖਣ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਨਿਰਧਾਰਤ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਪ੍ਰਣਾਲੀ ਦੀ ਮਜ਼ਬੂਤੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਤਹਿਤ ਕਰੀਬ 314.88 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਮਾਲੇਰਕੋਟਲਾ ਮਾਈਨਰ ਦੀ ਨਵ-ਉਸਾਰੀ ਕੀਤੀ ਜਾ ਰਹੀ ਹੈ। ਪ੍ਰੋਜੈਕਟ ਮੁਕੰਮਲ ਹੋਣ ਨਾਲ ਮਾਲੇਰਕੋਟਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਟਿਊਬਵੈੱਲਾਂ 'ਤੇ ਨਿਰਭਰਤਾ ਘਟੇਗੀ।
ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਹਲਕੇ ਦੇ ਕਿਸਾਨਾਂ ਨੂੰ ਸਿੰਚਾਈ ਲਈ ਬਦਲਵਾਂ ਸਰੋਤ ਉਪਲਬਧ ਹੋਵੇਗਾ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਖੇਤੀਬਾੜੀ ਦੇ ਟਿਕਾਊ ਵਿਕਾਸ ਵੱਲ ਮਹੱਤਵਪੂਰਨ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਉਪਲਬਧਤਾ ਨਾਲ ਕਿਸਾਨਾਂ ਦੀਆਂ ਸਿੰਚਾਈ ਸਬੰਧੀ ਸਮੱਸਿਆਵਾਂ ਘਟਣਗੀਆਂ ਅਤੇ ਖੇਤੀਬਾੜੀ ਨੂੰ ਹੁਲਾਰਾ ਮਿਲੇਗਾ।
ਐਡਵੋਕੇਟ ਚੌਧਰੀ ਮੁਹੰਮਦ ਨਿਸਾਰ ਨੇ ਕਿਹਾ ਕਿ ਨਹਿਰੀ ਢਾਂਚੇ ਦਾ ਵਿਸਥਾਰ ਖੇਤਰ ਦੇ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਜੈਕਟ ਕੁਦਰਤੀ ਜਲ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੇ।

