‘ਜੀਹਦਾ ਖੇਤ, ਓਹਦੀ ਰੇਤ’-ਕਿਸਾਨਾਂ ਨੂੰ ਹੜਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਵੇਚਣ ਦੀ ਮਿਲੀ ਖੁੱਲ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 9 ਸਤੰਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ ਭਿਆਨਕ ਹੜਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਤੇ ਮਿੱਟੀ ਕੱਢਣ ਦੇ ਨਾਲ-ਨਾਲ ਜੇਕਰ ਉਹ ਚਾਹੁਣ ਤਾਂ ਇਸ ਨੂੰ ਵੇਚਣ ਦੀ ਖੁੱਲ ਦਿੱਤੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਹੜਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਖੇਤਾਂ ਵਿੱਚ ਰੇਤਾ ਤੇ ਮਿੱਟੀ ਜਮਾਂ ਹੋ ਚੁੱਕੀ ਹੈ। ਇਨਾਂ ਖੇਤਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਇਹ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਜਮਾਂ ਹੋਈ ਰੇਤਾ ਤੇ ਮਿੱਟੀ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਜੇਕਰ ਕਿਸਾਨ ਚਾਹੁਣ ਤਾਂ ਉਹ ਇਸ ਨੂੰ ਵੇਚ ਵੀ ਸਕਣਗੇ। ‘ਜੀਹਦਾ ਖੇਤ, ਓਹਦੀ ਰੇਤ’ ਨੀਤੀ ਦੇ ਤਹਿਤ ਸਾਰੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਕਿਸਾਨਾਂ ਨੂੰ ਇਸ ਸਾਲ ਦੀ 31 ਦਸੰਬਰ ਤੱਕ ਬਿਨਾਂ ਕਿਸੇ ਪਰਮਿਟ ਦੇ ਆਪਣੀ ਜ਼ਮੀਨ ਵਿੱਚੋਂ ਰੇਤਾ ਚੁੱਕਣ ਦੀ ਇਜਾਜ਼ਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਾਲੀ ਜ਼ਮੀਨ ਤੋਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਕੱਢਣ ਦਾ ਇਕੋ ਵਾਰੀ ਦਿੱਤਾ ਜਾਣ ਵਾਲਾ ਮੌਕਾ ਸਮਝਿਆ ਜਾਵੇਗਾ ਪਰ ਇਸ ਨੂੰ ਮਾਈਨਿੰਗ ਵਾਲੀ ਸਮੱਗਰੀ ਨਹੀਂ ਮੰਨਿਆ ਜਾਵੇਗਾ। ਸਬੰਧਤ ਜ਼ਿਲੇ ਦਾ ਡਿਪਟੀ ਕਮਿਸ਼ਨਰ ਜ਼ਿਲੇ ਵਿੱਚ ਪ੍ਰਭਾਵਿਤ ਪਿੰਡਾਂ ਦੀ ਸੂਚੀ ਦਾ ਐਲਾਨ ਕਰੇਗਾ ਜਿੱਥੇ ਹੜਾਂ ਨਾਲ ਰੇਤਾ ਜਾਂ ਗਾਰ ਜਮਾਂ ਹੋਣ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ/ਕਾਸ਼ਤਕਾਰ/ਕਿਸਾਨਾਂ ਦੇ ਸਮੂਹ ਵੱਲੋਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਨੂੰ ਕੱਢਣ ਤੇ ਢੋਹਣ ਦਾ ਕੰਮ ਕੀਤਾ ਜਾ ਸਕਦਾ ਹੈ। ਹਾਲ ਹੀ ਵਿੱਚ ਆਏ ਹੜਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਾਰੇ ਜ਼ਿਲਾ ਮਾਈਨਿੰਗ ਅਫਸਰਾਂ ਦੇ ਨਾਲ-ਨਾਲ ਜ਼ਿਲਾ ਅਤੇ ਸਬ-ਡਵੀਜ਼ਨ ਪੱਧਰ ਦੀਆਂ ਨਿਗਰਾਨ ਕਮੇਟੀਆਂ ਪ੍ਰਭਾਵਿਤ ਖੇਤਾਂ ਨੂੰ ਟੋਇਆ, ਖੱਡਾਂ ਜਾਂ ਕਿਸੇ ਹੋਰ ਤਰੀਕੇ ਨਾਲ ਜ਼ਮੀਨ ਦੀ ਅਸਲ ਸਤਹਿ ਨਾਲ ਛੇੜਖਾਨੀ ਕੀਤੇ ਬਿਨਾਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਨੂੰ ਹਟਾਉਣ ਤੇ ਢੋਹਣ ਵਿੱਚ ਸਹਿਯੋਗ ਕਰਨਗੇ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਫਸਲਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਪੰਜਾਬ ਸਰਕਾਰ ਪ੍ਰਤੀ ਏਕੜ 20,000 ਰੁਪਏ ਦਾ ਮੁਆਵਜ਼ਾ ਦੇਵੇਗੀ ਜੋ ਸਿਰਫ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਮੁਆਵਜ਼ਾ ਰਾਸ਼ੀ ਹੈ। ਗੰਭੀਰ ਸੰਕਟ ਵਿੱਚ ਫਸੇ ਕਿਸਾਨਾਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਇਹ ਮਹੱਤਵਪੂਰਨ ਫੈਸਲਾ ਲਿਆ ਹੈ ਤਾਂ ਕਿ ਕਿਸਾਨਾਂ ਨੂੰ ਅਤਿ ਲੋੜੀਂਦੀ ਰਾਹਤ ਦਿੱਤੀ ਜਾ ਸਕੇ।